ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ
ਸਰਾਭਾ (ਲੁਧਿਆਣਾ), 16 ਨਵੰਬਰ (ਡਾ ਰਾਕੇਸ਼ ਪੁੰਜ/ ਕੇਸ਼ਵ ਵਰਦਾਨ ਪੁੰਜ )-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸੋਭਾ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿੱਤਾ ਜਾਵੇ। ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਦੇ ਨਾਂ ਇਨ੍ਹਾਂ ਸ਼ਹੀਦਾਂ ਦੇ ਨਾਮ ਉਤੇ ਰੱਖਣਾ ਸ਼ਹੀਦਾਂ ਦੀ ਵਿਰਾਸਤ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਲਈ ਕਾਫ਼ੀ ਅਹਿਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਾਰਜ ਜਲਦੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਤਕਰੀਬਨ 161 ਏਕੜ ਰਕਬੇ ਵਿੱਚ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਕਾਰਜ ਨੂੰ ਮੁਕੰਮਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਪੰਜਾਬ ਦੀ ਏਅਰ ਕੁਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਸਮਾਂ ਤੇ ਪੈਸਾ ਬਚੇਗਾ ਤੇ ਯਾਤਰੀਆਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਸਿਵਲ ਏਅਰ ਟਰਮੀਨਲ ਨਾਲ ਸੂਬੇ ਖ਼ਾਸ ਕਰ ਕੇ ਲੁਧਿਆਣਾ ਜ਼ਿਲ੍ਹੇ ਦੀ ਆਰਥਿਕ ਤਰੱਕੀ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ, ਉਥੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਹੀ ਮਾਅਨਿਆਂ ਵਿਚ ਇਸ ਨੌਜਵਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਜਵਾਨ ਉਮਰ ਵਿਚ ਆਪਣੀ ਮਾਤ ਭੂਮੀ ਦੀ ਖਾਤਰ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ, ਜਿਨ੍ਹਾਂ ਨੇ ਬਰਤਾਨਵੀ ਹਕੂਮਤ ਖਿਲਾਫ਼ ਲੜਦਿਆਂ ਵਤਨ ਦੀ ਆਜ਼ਾਦੀ ਲਈ ਮਹਾਨ ਕੁਰਬਾਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਬੇਮਿਸਾਲ ਊਰਜਾ ਨੂੰ ਸਾਕਾਰਤਮਕ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਸ ਦਿਸ਼ਾ ਵਿਚ ਸਾਰਥਕ ਉਪਰਾਲਾ ਹੈ ਅਤੇ ਇਹ ਖੇਡਾਂ ਵੀਰਵਾਰ ਨੂੰ ਲੁਧਿਆਣਾ ਵਿਖੇ ਖ਼ਤਮ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਮੁਜ਼ਾਹਰਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹੀ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂ ਜੋ ਸੂਬੇ ਦੀ ਤਰੱਕੀ ਵਿਚ ਖੇਡਾਂ ਅਹਿਮ ਭੂਮਿਕਾ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਉਲੀਕਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੇ ਉਲੰਪਿਕ ਖੇਡਾਂ ਵਿਚ ਹਿੱਸਾ ਲੈਣ ਅਤੇ ਭਾਰਤ ਲਈ ਉਲੰਪਿਕ ਮੈਡਲ ਜਿੱਤਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮਦਨ ਲਾਲ ਬੱਗਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਆਪ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਆਪ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਭੁਪਿੰਦਰ ਸਿੰਘ ਧਰੌੜ, ਲੁਧਿਆਣਾ ਰੇਂਜ ਦੇ ਆਈਜੀ ਡਾ: ਕੌਸਤੁਭ ਸ਼ਰਮਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਰਨਲ (ਸੇਵਾਮੁਕਤ) ਮਨਦੀਪ ਗਰੇਵਾਲ ਅਤੇ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਦੇ ਨੁਮਾਇੰਦੇ ਹਾਜ਼ਰ ਸਨ
0 comments:
एक टिप्पणी भेजें