21 ਫਰਵਰੀ ਤੋਂ ਪਹਿਲਾਂ ਨਾਮ ਪੱਟੀਆਂ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ 'ਚ ਲਾਏ ਜਾਣ: ਜ਼ਿਲ੍ਹਾ ਭਾਸ਼ਾ ਅਫ਼ਸਰ
ਬਰਨਾਲਾ, 20 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ)
ਮੁੱਖ ਮੁੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਮਾਂ ਬੋਲੀ ਪੰਜਾਬੀ ਦਾ ਮਾਣ ਸਤਿਕਾਰ ਅਤੇ ਗੌਰਵ ਬਹਾਲ ਕਰਵਾਉਣ ਲਈ ਸੂਬੇ ਦਾ ਭਾਸ਼ਾ ਵਿਭਾਗ, ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਆਈ.ਏ.ਐੱਸ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਸਬੰਧੀ ਭਾਸ਼ਾ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਵੱਲੋਂ ਜਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ.ਏ.ਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਰਕਾਰੀ, ਗੈਰ-ਸਰਕਾਰੀ ਦਫਤਰਾਂ, ਵਿੱਦਿਅਕ ਅਦਾਰਿਆਂ ਅਤੇ ਨਿੱਜੀ ਅਦਾਰਿਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਨੂੰ ਇਸ ਸਬੰਧੀ ਪੱਤਰ ਭੇਜ ਕੇ ਵੀ ਸੂਚਨਾ ਦਿੱਤੀ ਜਾ ਚੁੱਕੀ ਹੈ। ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਭਾਸ਼ਾ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਭਾਸ਼ਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ ਦੀਆਂ ਪੱਟੀਆਂ, ਮੀਲ ਪੱਥਰ, ਦਿਸ਼ਾ ਸੂਚਕ ਬੋਰਡ ਲਿਖਣ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਿਆ ਜਾਣਾ ਲਾਜ਼ਮੀ ਕੀਤਾ ਗਿਆ ਹੈ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਜਾਂ ਦਿਸ਼ਾ ਸੂਚਕ ਬੋਰਡ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਲਿਖਿਆ ਜਾਵੇ।
ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਨੇ ਹਦਾਇਤਾਂ ਜਾਰੀ ਕਰਦਿਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਨਾਮ ਅਤੇ ਦਿਸ਼ਾ ਸੂਚਕ ਬੋਰਡ ਲਿਖਣ ਦਾ ਕੰਮ 21 ਫਰਵਰੀ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਲਈ ਕਿਹਾ ਹੈ। ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਨਿਰਧਾਰਤ ਸਮਾ ਸੀਮਾਂ ਦੌਰਾਨ ਨਾਮ ਅਤੇ ਦਿਸ਼ਾ ਸੂਚਕ ਬੋਰਡ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਨਾ ਲਿਖਣ ਵਾਲੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਖਿਲਾਫ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਭਾਸ਼ਾ ਐਕਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਨਾਮ ਅਤੇ ਦਿਸ਼ਾ ਸੂਚਕ ਬੋਰਡ ਲਿਖੇ ਜਾਣ ਸਮੇਂ ਪੰਜਾਬੀ ਭਾਸ਼ਾ ਦੀ ਸ਼ੁੱਧਤਾ ਦਾ ਖਿਆਲ ਰੱਖਣਾ ਵੀ ਜ਼ਰੂਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪਹਿਲਾਂ ਤੋਂ ਹੀ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਕਿਸੇ ਸਰਕਾਰੀ, ਗੈਰ ਸਰਕਾਰੀ ਅਦਾਰੇ, ਸੜਕਾਂ ਦੇ ਨਾਮ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਵਿੱਚ ਸ਼ਬਦਿਕ ਗਲਤੀਆਂ ਹਨ ਤਾਂ ਉਨ੍ਹਾਂ ਨੂੰ ਵੀ ਦਰੁੱਸਤ ਕਰਵਾ ਲਿਆ ਜਾਵੇ।
0 comments:
एक टिप्पणी भेजें