ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ
ਤਿਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬ੍ਰਿਜ ਨੂੰ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 5 ਦਸੰਬਰ ( ਕੇਸ਼ਵ ਵਰਦਾਨ ਪੁੰਜ /ਡਾ ਰਾਕੇਸ਼ ਪੁੰਜ ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਅੱਜ ਆਪਣੇ ਦਫ਼ਤਰ ਵਿੱਚ ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਂਸਲ ਵੱਲੋਂ ਪਹਿਲਾਂ ਇਸ ਹਫ਼ਤੇ ਲੋਕਾਂ ਨੂੰ ਕੂੜਾ ਕੇਵਲ ਨਿਰਧਾਰਤ ਥਾਂ ’ਤੇ ਸੁੱਟਣ ਅਤੇ ਸੜਕਾਂ ਕਿਨਾਰੇ ਨਜ਼ਾਇਜ ਕਬਜ਼ੇ ਹਟਾਉਣ ਲਈ ਜਾਗਰੂਕ ਕੀਤਾ ਜਾਵੇ। ਜੇਕਰ ਹਫ਼ਤੇ ਬਾਅਦ ਵੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਤਾਂ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਦੇ ਹੋਏ ਚਲਾਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਰੋਜ਼ਾਨਾਂ ਆਪਣੀ ਬੀਟ ਵਿੱਚ ਸਫ਼ਾਈ ਕੀਤੀ ਜਾਵੇ ਅਤੇ ਰੋਜ਼ਾਨਾਂ ਸ਼ਹਿਰ ਵਾਸੀਆਂ ਦੇ ਘਰਾਂ ਵਿੱਚੋਂ ਗਿੱਲ ਤੇ ਸੁੱਕਾ ਕੂੜਾ ਇਕੱਤਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਦੇਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਅਣਅਧਿਕਾਰਤ ਥਾਂ ’ਤੇ ਕੂੜੇ ਦੇ ਢੇਰ ਨਾ ਲੱਗਣ। ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਇਆ ਜਾਵੇ। ਇਸ ਸਬੰਧੀ ਪੁਲਿਸ ਵਿਭਾਗ ਦੀ ਸਹਾਇਤਾ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਮੀਡੀਆ ਦੇ ਰਾਹੀਂ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਤਿਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬਰਿੱਜ ਨੂੰ ਤਹਿ ਸਮੇਂ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਦੀ ਓਥੇ ਪੱਕੀ ਡਿਊਟੀ ਲਗਾਈ ਜਾਵੇ ਜੋ ਰੋਜ਼ਾਨਾਂ ਆਪਣੀ ਦੇਖ-ਰੇਖ ਵਿੱਚ ਕੰਮ ਨੂੰ ਕਰਵਾਏ। ਉਨ੍ਹਾਂ ਕਿਹਾ ਕਿ ਅਗਲੇ ਸਾਲ ਮਾਰਚ ਮਹੀਨੇ ਦੇ ਅਖੀਰ ਤੱਕ ਹਰ ਹਾਲ ਵਿੱਚ ਇਸ ਅੰਡਰ ਬਰਿੱਜ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।
--
0 comments:
एक टिप्पणी भेजें