ਅਕਾਸ਼ਦੀਪ ਸਿੰਘ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ: ਸਿਮਰਨਜੀਤ ਸਿੰਘ ਮਾਨ
- ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਅਕਾਸ਼ਦੀਪ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕਮਲੇਸ਼ ਗੋਇਲ ਖਨੌਰੀ
ਬਰਨਾਲਾ, 07 ਮਾਰਚ — ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਆਈ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਨੌਜਵਾਨ ਖਿਡਾਰੀ ਅਕਾਸ਼ਦੀਪ ਸਿੰਘ ਕਾਹਨੇਕੇ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕਰਕੇ ਅਕਾਸ਼ਦੀਪ ਸਿੰਘ ਵੱਲੋਂ ਹਾਸਲ ਕੀਤੀ ਗਈ ਉਪਲੱਬਧੀ ਲਈ ਮੁਬਾਰਕਵਾਦ ਦਿੱਤੀ |
ਸ. ਮਾਨ ਨੇ ਕਿਹਾ ਕਿ ਅਕਾਸ਼ਦੀਪ ਸਿੰਘ ਨੇ 20 ਕਿੱਲੋਮੀਟਰ ਪੈਦਲ ਚਾਲ ਵਿੱਚ ਜਿੱਥੇ ਨਵਾਂ ਰਿਕਾਰਡ ਬਣਾਇਆ ਹੈ, ਉੱਥੇ ਹੀ ਵਿਸ਼ਵ ਪੱਧਰ ਦੀਆਂ ਖੇਡਾਂ ਲਈ ਕੁਆਲੀਫਾਈ ਕਰਕੇ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਪੂਰੇ ਇਲਾਕੇ ਦਾ ਨਾਂਅ ਚਮਕਾਇਆ ਹੈ | ਅਕਾਸ਼ਦੀਪ ਸਿੰਘ ਦੀ ਇਸ ਉਪਲੱਬਧੀ 'ਤੇ ਪੂਰੇ ਪੰਜਾਬ ਨੂੰ ਮਾਣ ਹੈ | ਸ. ਮਾਨ ਨੇ ਕਿਹਾ ਕਿ ਅਜਿਹੇ ਹੁਨਰਮੰਦ ਖਿਡਾਰੀਆਂ ਦੇ ਸਹਿਯੋਗ ਲਈ ਮੇਰੇ ਅਤੇ ਮੇਰੀ ਪਾਰਟੀ ਦੇ ਦਰਵਾਜੇ ਹਮੇਸ਼ਾ ਖੁੱਲ੍ਹੇ ਹਨ | ਸ. ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਹੁਨਰਮੰਦ ਖਿਡਾਰੀ ਬੈਠੇ ਹਨ, ਜਿਨ੍ਹਾਂ ਦੇ ਹੁਨਰ ਨੂੰ ਉਭਾਰਨ ਲਈ ਸਰਕਾਰਾਂ ਨੂੰ ਵੱਡੇ ਪੱਧਰ 'ਤੇ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਅਤੇ ਪਰਿਵਾਰ ਦੀ ਮੰਗ 'ਤੇ ਪਿੰਡ ਲਈ ਇੱਕ ਓਪਨ ਜਿੰਮ ਦਾ ਐਲਾਨ ਕੀਤਾ |
ਇਸ ਮੌਕੇ ਅਕਾਸ਼ਦੀਪ ਸਿੰਘ ਦੇ ਪਿਤਾ ਗੁਰਜੰਟ ਸਿੰਘ, ਮਾਤਾ ਰੁਪਿੰਦਰ ਕੌਰ ਅਤੇ ਪਰਿਵਾਰ ਵੱਲੋਂ ਸ. ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦਾ ਘਰ ਪਹੁੰਚਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਮਾਨ ਦੇ ਨਾਲ ਪਾਰਟੀ ਦੇ ਜਥੇਦਾਰ ਨੰਦ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ, ਕਰਮਜੀਤ ਸਿੰਘ, ਸੁਖਪਾਲ ਸਿੰਘ, ਡਾ. ਗੁਰਦੀਪ ਸਿੰਘ ਢਿੱਲੋਂ ਸਮੇਤ ਹੋਰ ਆਗੂ ਵੀ ਹਾਜਰ ਸਨ |
0 comments:
एक टिप्पणी भेजें